ਆਪ ਸਰਕਾਰ ਕਾਂਗਰਸ ਆਗੂਆਂ ਨੂੰ ਦੇ ਰਹੀ ਝੂਠੇ ਕੇਸਾਂ ‘ਚ ਫਸਾਉਣ ਦੀ ਧਮਕੀ- ਵਿਧਾਇਕ ਚੌਧਰੀ
ਟਾਕਿੰਗ ਪੰਜਾਬ
ਜਲੰਧਰ। ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਜਲੰਧਰ ਲੋਕ ਜ਼ਿਮਨੀ ਚੋਣ ਦੇ ਪ੍ਰਚਾਰ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਮੁੱਖ ਵਿਰੋਧੀ ਧਿਰ ਦੇ ਆਗੂਆਂ ਨੂੰ ਮਨਘੜਤ ਦੋਸ਼ ਲਗਾ ਕੇ ਚੁੱਪ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਹ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਸਮਰਥਨ ਵਿੱਚ ਖੁੱਲ੍ਹ ਕੇ ਚੋਣ ਪ੍ਰਚਾਰ ਨਾ ਕਰਨ। ਉਹਨਾਂ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਵਿਜੀਲੈਂਸ ਬਿਊਰੋ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਕਾਂਗਰਸ ਪਾਰਟੀ ਦੇ ਨੇਤਾਵਾਂ ਨੂੰ ਡਰਾਉਣਾ ਚਾਹੁੰਦੀ ਹੈ। ਉਹਨਾਂ ਨੇ ਆਖਿਆ, “ਸਾਡੇ ਸਤਿਕਾਰਯੋਗ ਆਗੂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੀ ਵਿਜੀਲੈਂਸ ਬਿਊਰੋ ਵੱਲੋਂ ਬੇਬੁਨਿਆਦ ਦੋਸ਼ ਲਗਾ ਕੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ‘ਤੇ ਖਰਾ ਉੱਤਰਨ ਵਿੱਚ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਹੁਣ ਜ਼ਿਮਨੀ ਵਿੱਚ ਹਾਰ ਤੋਂ ਡਰਦਿਆਂ ਕਾਂਗਰਸੀ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਕਿਸੇ ਵੀ ਨੈਤਿਕ ਅਨੈਤਿਕ ਤਰੀਕੇ ਨਾਲ ਚੋਣ ਜਿੱਤਣਾ ਚਾਹੁੰਦੇ ਹਨ, ਪਰ ਇਹ ਚਾਲਾਂ ਸਾਡਾ ਕੁਝ ਵੀ ਨਹੀਂ ਵਿਗਾੜ ਸਕਦੀਆਂ। 10 ਮਈ ਨੂੰ ਸਾਰੇ ਵੋਟਰ, ਖਾਸ ਕਰ ਕੇ ਦਲਿਤ ਸਮਾਜ ਦੇ ਵੋਟਰ, ‘ਆਪ’ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੂੰ ਕਾਂਗਰਸੀ ਆਗੂਆਂ ਨੂੰ ਡਰਾਉਣ ਅਤੇ ਚੁੱਪ ਕਰਾਉਣ ਦੀਆਂ ਦੀਆਂ ਕੋਸ਼ਿਸ਼ਾਂ ਦਾ ਸਖਤ ਨੋਟਿਸ ਲੈਣਾ ਚਾਹੀਦਾ ਹੈ ਅਤੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਰੋਕਣਾ ਚਾਹੀਦਾ ਹੈ।